ਲੁਧਿਆਣਾ : ਪੀ.ਏ.ਯੂ ਦੇ ਸੰਚਾਰ ਕੇਂਦਰ ਵਿੱਚ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਦੇ ਵਿਦਿਆਰਥੀਆਂ ਦਾ ਸਿਖਲਾਈ ਕੋਰਸ ਸ਼ੁਰੂ ਕੀਤਾ ਗਿਆ ਜਿਸ ਵਿੱਚ ਉਹਨਾਂ ਨੂੰ ਸੰਚਾਰ ਅਤੇ ਪਸਾਰ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ।ਸੰਚਾਰ ਕੇਂਦਰ ਦੇ ਅਪਰ ਨਿਰਦੇਸ਼ਕ ਡਾ. ਤੇਜਿੰਦਰ ਸਿੰਘ ਰਿਆੜ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਕੀਤੇ ਖੋਜ ਕਾਰਜਾਂ ਦੀ ਸਾਰਥਿਕਤਾ ਉਦੋਂ ਹੀ ਬਣਦੀ ਹੈ ਜਦੋਂ ਉਹ ਲੋਕਾਂ ਤੱਕ ਪਹੁੰਚਦੇ ਹਨ ।
ਡਾ. ਰਿਆੜ ਨੇ ਦੱਸਿਆ ਕਿ ਸੰਚਾਰ ਕੇਂਦਰ ਵੱਲੋਂ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਤੱਕ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਨੂੰ ਪਹੁੰਚਾਉਣ ਲਈ ਅਖਬਾਰਾਂ, ਰੇਡੀਓ, ਟੈਲੀਵੀਜ਼ਨ, ਸ਼ੋਸ਼ਲ ਮੀਡੀਆ ਅਤੇ ਕਿਤਾਬਾਂ ਰਾਹੀਂ ਸਰਲ ਅਤੇ ਸਪੱਸ਼ਟ ਭਾਸ਼ਾ ਵਿੱਚ ਖੇਤੀ ਗਿਆਨ ਮੁਹੱਈਆ ਕੀਤਾ ਜਾਂਦਾ ਹੈ । ਉਹਨਾਂ ਕਿਹਾ ਕਿ ਅੱਜ ਮੀਡੀਆ ਦਾ ਯੁੱਗ ਹੈ ਇਸਲਈ ਮੀਡੀਏ ਦੀਆਂ ਵੱਖ-ਵੱਖ ਤਕਨੀਕਾਂ ਨੂੰ ਲੋਕ ਭਲਾਈ ਲਈ ਵਰਤਣਾ ਬਹੁਤ ਜ਼ਰੂਰੀ ਹੈ ।
ਪਸਾਰ ਸਿੱਖਿਆ ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਯੂਨੀਵਰਸਿਟੀ ਦੇ ਸਮੁੱਚੇ ਪਸਾਰ ਸਿੱਖਿਆ ਦੇ ਢਾਂਚੇ ਬਾਰੇ ਜਾਣਕਾਰੀ ਦਿੱਤੀ । ਉਹਨਾਂ ਦੱਸਿਆ ਕਿ ਯੂਨੀਵਰਸਿਟੀ ਦੇ ਵਿਗਿਆਨੀਆਂ ਵੱਲੋਂ ਕੀਤੀ ਖੋਜ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਯੂਨੀਵਰਸਿਟੀ ਦਾ ਪਸਾਰ ਸਿੱਖਿਆ ਢਾਂਚਾ ਬਹੁਤ ਮਜ਼ਬੂਤ ਅਤੇ ਅਸਰਦਾਰ ਹੈ । ਉਹਨਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਲੱਗਦੇ ਕਿਸਾਨ ਮੇਲੇ ਕਿਸਾਨਾਂ ਲਈ ਹਮੇਸ਼ਾਂ ਖਿੱਚ ਦਾ ਕੇਂਦਰ ਰਹੇ ਹਨ।