ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ 2022-23 ਲਈ ਅਕਾਦਮਿਕ ਵਰ੍ਹੇ ਦੀ ਰਸਮੀ ਸ਼ੁਰੂਆਤ ਹੋ ਗਈ । ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਸਖ਼ਤ ਮਿਹਨਤ ਕਰਨ, ਅਨੁਸ਼ਾਸਨ ਵਿੱਚ ਰਹਿਣ, ਵਿਸ਼ਾਲ ਸੋਚ ਰੱਖਣ, ਨੈਤਿਕ ਸਿਧਾਂਤਾਂ ਦੀ ਸਖਤੀ ਨਾਲ ਪਾਲਣਾ ਕਰਨ ਦਾ ਸੱਦਾ ਦਿੱਤਾ ।
ਉਨ੍ਹਾਂ ਕਿਹਾ ਕਿ ਵਿਗਿਆਨ ਅਤੇ ਤਕਨਾਲੋਜੀ ਦੇ ਯੁੱਗ ਵਿੱਚ ਰਹਿੰਦਿਆਂ ਵਿਦਿਆਰਥੀਆਂ ਨੂੰ ਸਭਿਅਕ ਮਨੁੱਖ ਹੋਣ ਦੀ ਮਿਸਾਲ ਕਾਇਮ ਕਰਨੀ ਚਾਹੀਦੀ ਹੈ ਅਤੇ ਸਮਾਜਿਕ-ਸੱਭਿਆਚਾਰਕ ਮਾਹੌਲ ਨਾਲ ਨੇੜਲੇ ਸਬੰਧ ਕਾਇਮ ਕਰਨੇ ਚਾਹੀਦੇ ਹਨ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਸਿੱਖਿਆ ਦਾ ਉਦੇਸ਼ ਵਿਦਿਆਰਥੀਆਂ ਵਿੱਚ ਲੋੜੀਂਦੀ ਸੂਝ ਪੈਦਾ ਕਰਨਾ, ਉਹਨਾਂ ਦੀ ਚੇਤਨਾ ਦਾ ਵਿਕਾਸ ਕਰਨਾ ਹੈ ।
ਡਾ. ਗੋਸਲ ਨੇ ਕਿਹਾ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨਾ ਸਿਰਫ਼ ਭਾਰਤ ਦੀ ਬਲਕਿ ਸੰਸਾਰ ਦੀ ਸਿਰਕੱਢ ਸੰਸਥਾ ਹੈ । ਇਸਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਸਿੱਖਿਆ ਦੇ ਉੱਚੇ ਪੱਧਰ ਨੂੰ ਕਾਇਮ ਰੱਖਣ ਲਈ ਵਿਦਿਆਰਥੀਆਂ ਅਤੇ ਮਾਹਿਰਾਂ ਦੀਆਂ ਕਈ ਪੀੜੀਆਂ ਨੇ ਸਖ਼ਤ ਮਿਹਨਤ ਕੀਤੀ ਹੈ । ਉਹਨਾਂ ਕਿਹਾ ਕਿ ਇਸੇ ਲਈ ਖੇਤੀਬਾੜੀ ਯੂਨੀਵਰਸਿਟੀ ਵਿਦੇਸ਼ੀ ਵਿਦਿਆਰਥੀਆਂ ਦੀ ਹਮੇਸ਼ਾ ਤਰਜੀਹ ਰਹੀ ਹੈ। ਇਸ ਸੰਸਥਾ ਨੇ ਨਾ ਸਿਰਫ਼ ਖੇਤੀਬਾੜੀ ਖੇਤਰ ਦੇ ਬਲਕਿ ਹਰ ਖੇਤਰ ਦੇ ਸਿਰਕੱਢ ਨਾਂ ਪੈਦਾ ਕੀਤੇ ਹਨ ।