ਪੰਜਾਬ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੀ CBI ਜਾਂਚ ਨਹੀਂ ਹੋਵੇਗੀ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਦਾਇਰ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ। ਮੂਸੇਵਾਲਾ ਕਤਲ ਕਾਂਡ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕਰਦਿਆਂ ਭਾਜਪਾ ਆਗੂ ਜਗਜੀਤ ਸਿੰਘ ਵੱਲੋਂ ਇਹ ਪਟੀਸ਼ਨ ਪਾਈ ਗਈ ਸੀ। ਇਸ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਇਹ ਕਹਿੰਦਿਆਂ ਖਾਰਿਜ ਕਰ ਦਿੱਤਾ ਕਿ ਪੰਜਾਬ ਪੁਲਿਸ ਇਸ ਮਾਮਲਾ ਦੀ ਜਾਂਚ ਕਰ ਰਹੀ ਹੈ। ਉਹ ਸਹੀ ਦਿਸ਼ਾ ਵਿੱਚ ਚੱਲ ਰਹੀ ਹੈ। ਇਸ ਲਈ ਇਸ ਮਾਮਲੇ ਦੀ CBI ਜਾਂਚ ਦੀ ਜਰੂਰਤ ਨਹੀਂ ਹੈ।
ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਨਸੀਹਤ ਦਿੰਦਿਆਂ ਕਿਹਾ ਕਿ ਇਸ ਕਤਲਕਾਂਡ ਨੂੰ ਰਾਜਨੀਤੀ ਨਾਲ ਨਹੀਂ ਜੋੜਨਾ ਚਾਹੀਦਾ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਅੱਗੇ ਦੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ । ਸੁਪਰੀਮ ਕੋਰਟ ਨੇ ਅੱਗੇ ਕਿਹਾ ਕਿ ਕੋਰਟ ਦਾ ਦਰਵਾਜ਼ਾ ਸਭ ਦੇ ਲਈ ਖੁੱਲ੍ਹਿਆ ਹੈ, ਪਰ ਅਸੀਂ ਨਹੀਂ ਚਾਹੁੰਦੇ ਕਿ ਇਸ ਮਾਮਲੇ ਨੂੰ ਰਾਜਨੀਤੀ ਰੰਗ ਦਿੱਤਾ ਜਾਵੇ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਵੀ CBI ਜਾਂਚ ਦੀ ਮੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੂਸੇਵਾਲਾ ਦਾ ਕਤਲ ਕਰਨ ਵਾਲੇ 2 ਸ਼ੂਟਰ ਹਾਲੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਇਸ ਸਬੰਧੀ ਉਨ੍ਹਾਂ ਨੇ ਚੰਡੀਗੜ੍ਹ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ।