ਲੁਧਿਆਣਾ : ਅਧਿਆਪਕ ਦਿਵਸ ਨੂੰ ਸਮਰਪਿਤ, ਜ਼ਿਲ੍ਹਾ ਸਪੈਸ਼ਲ ਓਲੰਪਿਕ ਐਸੋਸੀਏਸ਼ਨ ਵੱਲੋਂ ਸਥਾਨਕ ਸਰਾਭਾ ਨਗਰ ਮਾਰਕੀਟ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ ਜਿੱਥੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।
ਅਧਿਆਪਕ ਦਿਵਸ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਵਿਧਾਇਕ ਸ੍ਰੀ ਗੋਗੀ ਨੇ ਕਿਹਾ ਕਿ ਅਧਿਆਪਕ ਇੱਕ ਲਾਈਟ ਹਾਊਸ ਦੀ ਤਰ੍ਹਾਂ ਹੁੰਦੇ ਹਨ ਅਤੇ ਅਧਿਆਪਕ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ ਲਈ ਅਤੇ ਚੰਗੇ ਸੰਸਕਾਰ ਭਰਨ ਲਈ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਇੱਕ ਅਧਿਆਪਕ ਵੱਲੋਂ ਪਾਏ ਯੋਗਦਾਨ ਨੂੰ ਸਤਿਕਾਰ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਅਧਿਆਪਕ ਦਿਵਸ ਮਨਾਉਣਾ ਸਮੇਂ ਦੀ ਲੋੜ ਹੈ ਕਿਉਂਕਿ ਅਧਿਆਪਕ ਸਮਾਜ ਦੇ ਨਿਰਮਾਤਾ ਹੁੰਦੇ ਹਨ ਅਤੇ ਉਨ੍ਹਾਂ ਤੋਂ ਬਿਨਾਂ ਕੋਈ ਵੀ ਸਮਾਜ ਤਰੱਕੀ ਦੇ ਰਾਹ ਵੱਲ ਨਹੀਂ ਤੁਰ ਸਕਦਾ, ਜਿਵੇਂ ਕਿ ਇਹ ਸਹੀ ਕਿਹਾ ਗਿਆ ਹੈ, ‘ਇੱਕ ਅਧਿਆਪਕ ਮੋਮਬੱਤੀ ਵਾਂਗ ਹੁੰਦਾ ਹੈ ਜੋ ਕਿ ਦੂਜਿਆਂ ਲਈ ਰਸਤਾ ਰੋਸ਼ਨ ਕਰਨ ਲਈ ਆਪ ਨੂੰ ਜਲਾਉਂਦਾ ਹੈ’। ਉਨ੍ਹਾਂ ਕਿਹਾ ਕਿ ਇਸੇ ਕਰਕੇ ਇਸ ਵਿਸ਼ੇਸ਼ ਦਿਨ ‘ਤੇ ਅਧਿਆਪਕਾਂ ਦੇ ਯੋਗਦਾਨ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ।