ਨਵੀਂ ਦਿੱਲੀ : ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਦੇ ਹੁਕਮ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਪਟੀਸ਼ਨ ‘ਤੇ ਦਿੱਲੀ ਹਾਈ ਕੋਰਟ ‘ਚ ਸੁਣਵਾਈ ਟਾਲ ਦਿੱਤੀ ਗਈ ਹੈ।ਦੱਸ ਦਈਏ ਕਿ ਸ਼ਰਾਬ ਨੀਤੀ ਘਪਲੇ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਵੀਰਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਸੀਬੀਆਈ ਅਤੇ ਕੇਜਰੀਵਾਲ ਨੇ ਆਪੋ-ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਸੁਪਰੀਮ ਕੋਰਟ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਕੇਜਰੀਵਾਲ ਨੂੰ ਪਹਿਲਾਂ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਗ੍ਰਿਫਤਾਰ ਕੀਤਾ ਸੀ, ਪਰ ਜ਼ਮਾਨਤ ਮਿਲਣ ਤੋਂ ਬਾਅਦ ਸੀਬੀਆਈ ਨੇ ਉਨ੍ਹਾਂ ਨੂੰ ਮੁੜ ਜੇਲ ਤੋਂ ਗ੍ਰਿਫਤਾਰ ਕਰ ਲਿਆ। ਇਸ ਮਾਮਲੇ ਦੀ ਸੁਣਵਾਈ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਵਲ ਭੂਈਆ ਦੀ ਬੈਂਚ ਨੇ ਕੀਤੀ। ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕੇਜਰੀਵਾਲ ਦੀ ਤਰਫੋਂ ਦਲੀਲਾਂ ਪੇਸ਼ ਕੀਤੀਆਂ, ਜਦਕਿ ਸੀਬੀਆਈ ਦੀ ਤਰਫੋਂ ਵਧੀਕ ਸਾਲਿਸਟਰ ਜਨਰਲ ਐਸ.ਵੀ. ਰਾਜੂ ਨੇ ਪੇਸ਼ ਕੀਤਾ।
ਉਥੇ ਹੀ ਦਿੱਲੀ ਹਾਈਕੋਰਟ ਨੇ ਕਿਹਾ ਕਿ ਇਸ ਮਾਮਲੇ ‘ਚ ਜ਼ਮਾਨਤ ਦਾ ਮਾਮਲਾ ਪਹਿਲਾਂ ਹੀ ਸੁਪਰੀਮ ਕੋਰਟ ‘ਚ ਚੱਲ ਰਿਹਾ ਹੈ। ਇਸ ਕਾਰਨ ਈਡੀ ਦੀ ਪਟੀਸ਼ਨ ‘ਤੇ ਸੁਣਵਾਈ ਟਾਲ ਦਿੱਤੀ ਗਈ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜ਼ਮਾਨਤ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਕਰੇਗੀ। ਫਿਲਹਾਲ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ ਅਤੇ ਸਿਰਫ ਉਹੀ ਬੈਂਚ ਹੀ ਇਸ ਨੂੰ ਰੱਦ ਕਰ ਸਕਦੀ ਹੈ।ਇਸ ਦਾ ਮਤਲਬ ਹੈ ਕਿ ਸੁਪਰੀਮ ਕੋਰਟ ਦਾ ਸੰਵਿਧਾਨਕ ਬੈਂਚ ਕਿਸੇ ਵੀ ਬਦਲਾਅ ਲਈ ਜ਼ਿੰਮੇਵਾਰ ਹੋਵੇਗਾ ਅਤੇ ਦਿੱਲੀ ਹਾਈ ਕੋਰਟ ਨੇ ਇਸ ਮੁੱਦੇ ‘ਤੇ ਅਗਲੀ ਸੁਣਵਾਈ ਮੁਲਤਵੀ ਕਰ ਦਿੱਤੀ ਹੈ।