ਤਰਨਤਾਰਨ : ਪੰਜਾਬ ‘ਚ ਇਕ ਵਾਰ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਖੁਵਾਸਪੁਰ ਨੇੜੇ ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਗੋਲੀਬਾਰੀ ਹੋਈ।ਗੋਲੀਬਾਰੀ ਦੌਰਾਨ ਬਦਮਾਸ਼ ਦੀ ਲੱਤ ‘ਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ। ਪੁਲਸ ਨੇ ਉਸ ਨੂੰ ਹਿਰਾਸਤ ‘ਚ ਲੈ ਕੇ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਜਸਵਿੰਦਰ ਸਿੰਘ ਵਾਸੀ ਗੋਇੰਦਵਾਲ ਸਾਹਿਬ ਵਜੋਂ ਹੋਈ ਹੈ।
ਜਾਣਕਾਰੀ ਦਿੰਦਿਆਂ ਡੀਐਸਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਪੁਲੀਸ ਨੇ ਪਿੰਡ ਖਵਾਸਪੁਰ ਨੇੜੇ ਡੰਡਿਆਵਾਲੇ ਪੁਲ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਇੱਕ ਨਕਾਬਪੋਸ਼ ਨੌਜਵਾਨ ਮੋਟਰਸਾਈਕਲ ’ਤੇ ਆਇਆ ਤਾਂ ਪੁਲੀਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।ਪਰ ਉਸ ਨੇ ਗੋਲੀ ਚਲਾ ਦਿੱਤੀ। ਪੁਲਿਸ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਵਿੱਚ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗ ਗਈ ਅਤੇ ਉਹ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਨੇ ਦੱਸਿਆ ਕਿ ਪੁਲਿਸ ਵੱਲੋਂ ਜ਼ਖਮੀ ਅਪਰਾਧੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਗ੍ਰਿਫ਼ਤਾਰੀ ਦੌਰਾਨ ਉਸ ਕੋਲੋਂ ਇੱਕ 32 ਬੋਰ ਦਾ ਪਿਸਤੌਲ ਅਤੇ ਕੁਝ ਰੌਂਦ ਬਰਾਮਦ ਹੋਏ ਹਨ। ਫਿਲਹਾਲ ਮੁੱਢਲੀ ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਹੈ ਕਿ ਉਹ ਗੈਂਗਸਟਰ ਲਖਬੀਰ ਲੰਡਾ ਗੈਂਗ ਨਾਲ ਜੁੜਿਆ ਹੋਇਆ ਹੈ।