ਲੁਧਿਆਣਾ : ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਖੇਤੀਬਾੜੀ ਦੇ ਖੇਤਰ ਵਿੱਚ ਨਵੇਂ ਤਜਰਬੇ ਕਰਨ ਦੀ ਵਕਾਲਤ ਕੀਤੀ। ‘ਸਰਕਾਰ-ਕਿਸਾਨ ਮਿਲਣੀ’ ਦੀ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ, ਜਿਸ ਨੂੰ ਪੀ.ਏ.ਯੂ ਵਿਖੇ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ, ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਲੱਖਣ ਉਪਰਾਲੇ ਦਾ ਉਦੇਸ਼ ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਿਸਾਨ ਅੱਜ ਫੈਸਲਾਕੁਨ ਮੋੜ ਉਤੇ ਹਨ। ਉਨ੍ਹਾਂ ਕਿਹਾ ਕਿ ਇਸ ਮਿਲਣੀ ਦਾ ਇੱਕੋ-ਇੱਕ ਉਦੇਸ਼ ਫੈਸਲਾ ਲੈਣ ਵਾਲਿਆਂ ਅਤੇ ਸਾਰੇ ਭਾਈਵਾਲ਼ਾਂ ਵਿਚਕਾਰ ਪਾੜੇ ਨੂੰ ਘਟਾਉਣਾ ਹੈ ਤਾਂ ਜੋ ਕਿਸਾਨਾਂ ਦੀਆਂ ਲੋੜਾਂ ਅਨੁਸਾਰ ਨੀਤੀਆਂ ਤਿਆਰ ਕੀਤੀਆਂ ਜਾ ਸਕਣ। ਭਗਵੰਤ ਮਾਨ ਨੇ ਕਿਸਾਨਾਂ ਨੂੰ ਖੇਤੀ ਦੇ ਰਵਾਇਤੀ ਤਰੀਕਿਆਂ ਨੂੰ ਤਿਆਗ ਕੇ ਵੱਧ ਤੋਂ ਵੱਧ ਮੁਨਾਫ਼ਾ ਕਮਾਉਣ ਲਈ ਅਤਿ-ਆਧੁਨਿਕ ਤਕਨੀਕਾਂ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਪੂਰਾ ਸਹਿਯੋਗ ਯਕੀਨੀ ਬਣਾਏਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਬਦਲਵੀਆਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਮੁਹੱਈਆ ਕਰਵਾਉਣ ਦੇ ਮਾਮਲੇ ਨੂੰ ਭਾਰਤ ਸਰਕਾਰ ਕੋਲ ਪਹਿਲਾਂ ਹੀ ਵਿਚਾਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਕ ਪਾਸੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ, ਉੱਥੇ ਦੂਜੇ ਪਾਸੇ ਪਰਾਲੀ ਸਾੜਨ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਫੂਡ ਪ੍ਰੋਸੈਸਿੰਗ ਸੈਕਟਰ ‘ਤੇ ਵੀ ਵੱਡਾ ਜ਼ੋਰ ਦੇ ਰਹੀ ਹੈ ਅਤੇ ਸੂਬੇ ‘ਚ ਜਲਦੀ ਹੀ ਗੰਨੇ, ਲੀਚੀ, ਲਸਣ, ਕਿੰਨੂ ਅਤੇ ਹੋਰ ਫਲਾਂ ਦੇ ਪ੍ਰਾਸੈਸਿੰਗ ਪਲਾਂਟ ਸਥਾਪਿਤ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਅਧਿਕਾਰੀਆਂ ਖਾਸ ਕਰਕੇ ਡਿਪਟੀ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਖੇਤਰੀ ਦੌਰੇ ਵਿਸ਼ੇਸ਼ ਤੌਰ ਉੱਤੇ ਪਿੰਡਾਂ ਦੇ ਵੱਧ ਤੋਂ ਵੱਧ ਦੌਰੇ ਕਰਕੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਸੁਣਨ ਲਈ ਆਖਿਆ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮਾਂ ਨੂੰ ਆਸਾਨੀ ਨਾਲ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਅਧਿਕਾਰੀਆਂ ਨੂੰ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।