ਚੰਡੀਗੜ੍ਹ: ਪੰਜਾਬ ਵਿਧਾਨ ਸਭਾ ‘ਚ ਰਾਜਪਾਲ ਦੇ ਭਾਸ਼ਣ ‘ਤੇ ਧੰਨਵਾਦ ਦਾ ਮਤਾ ਪੇਸ਼ ਕੀਤਾ ਗਿਆ। ਇਸ ਸਬੰਧੀ ਸਦਨ ਵਿੱਚ ਬੋਲਦਿਆਂ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਨੇ ਇਸ ਪ੍ਰਸਤਾਵ ਨੂੰ ਪਾਸ ਕਰਨ ਦੀ ਬੇਨਤੀ ਕੀਤੀ।ਸਦਨ ‘ਚ ਬੋਲਦਿਆਂ ਉਨ੍ਹਾਂ ਕਿਹਾ ਕਿ ਸੂਬੇ ‘ਚ ਨਸ਼ੇ ਦੀ ਸਮੱਸਿਆ ਉਨ੍ਹਾਂ ਨੇ ਸ਼ੁਰੂ ਨਹੀਂ ਕੀਤੀ ਪਰ ਉਨ੍ਹਾਂ ਦੀ ਸਰਕਾਰ ਇਸ ਨੂੰ ਜ਼ਰੂਰ ਖਤਮ ਕਰੇਗੀ, ਜਿਸ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ ਹੈ |
ਉਨ੍ਹਾਂ ਕਿਹਾ ਕਿ ਗੈਂਗਸਟਰਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਫੋਰਸ ਬਹੁਤ ਵਧੀਆ ਕੰਮ ਕਰ ਰਹੀ ਹੈ। ਇਸ ਨਾਲ ਹੁਣ ਪੰਜਾਬ ਦੇ ਲੋਕਾਂ ਨੂੰ ਹੋਰ ਸਹੂਲਤਾਂ ਦੇ ਨਾਲ-ਨਾਲ ਲਗਾਤਾਰ ਬਿਜਲੀ ਮਿਲ ਰਹੀ ਹੈ ਅਤੇ ਜ਼ਿਮੀਂਦਾਰਾਂ ਨੂੰ ਵੀ ਕੋਈ ਦਿੱਕਤ ਨਹੀਂ ਆ ਰਹੀ ਹੈ।
ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਸਰਕਾਰਾਂ ਹਮੇਸ਼ਾ ਆਪਣਾ ਮਾਲ ਵੇਚਦੀਆਂ ਹਨ ਪਰ ਇਸ ਵਾਰ ਸਰਕਾਰ ਨੇ ਪਹਿਲੀ ਵਾਰ ਪ੍ਰਾਈਵੇਟ ਗੋਇੰਦਵਾਲ ਥਰਮਲ ਪਲਾਂਟ ਨੂੰ ਖਰੀਦਿਆ ਹੈ।ਟੋਲ ਪਲਾਜ਼ਿਆਂ ਬਾਰੇ ਬੋਲਦਿਆਂ ਡਾ: ਨਿੱਝਰ ਨੇ ਕਿਹਾ ਕਿ ਟੋਲ ਪਲਾਜ਼ੇ ਆਪਣੀ ਮਿਆਦ ਪੂਰੀ ਹੋਣ ਤੋਂ ਬਾਅਦ ਵੀ ਨਾਜਾਇਜ਼ ਟੋਲ ਵਸੂਲਦੇ ਸਨ ਪਰ ਪੰਜਾਬ ਸਰਕਾਰ ਨੇ ਅਜਿਹੇ 16-17 ਟੋਲ ਪਲਾਜ਼ਿਆਂ ਨੂੰ ਬੰਦ ਕਰ ਦਿੱਤਾ ਹੈ।