ਭੈਣੀ ਸਾਹਿਬ (ਲੁਧਿਆਣਾ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਾਮਧਾਰੀ ਸੰਪਰਦਾ ਦੇ ਬਾਨੀ ਸਤਿਗੁਰੂ ਰਾਮ ਸਿੰਘ ਜੀ ਨੇ ਦੇਸ਼ ਦੀ ਆਜ਼ਾਦੀ ਲਈ ਯੋਗਦਾਨ ਪਾਇਆ ਸੀ ਅਤੇ ਉਨ੍ਹਾਂ ਦੇ ਜੀਵਨ ਅਤੇ ਫਲਸਫੇ ਨੇ ਵੀ ਸਮਾਜ ਵਿੱਚ ਸੁਧਾਰ ਲਿਆਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ।
ਸਤਿਗੁਰੂ ਰਾਮ ਸਿੰਘ ਜੀ ਦੇ 207ਵੇਂ ਪ੍ਰਕਾਸ਼ ਪੁਰਬ ਮੌਕੇ ਭੈਣੀ ਸਾਹਿਬ ਵਿਖੇ ਹੋਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਨੇ ਅੰਗਰੇਜ਼ ਹਕੂਮਤ ਵਿਰੁੱਧ ਅਸਹਿਯੋਗ ਨੂੰ ਸਿਆਸੀ ਹਥਿਆਰ ਵਜੋਂ ਸਫ਼ਲਤਾਪੂਰਵਕ ਵਰਤਿਆ ਸੀ। ਉਨ੍ਹਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਸ਼ੁਰੂ ਕੀਤੀ ਨਾ-ਮਿਲਵਰਤਣ ਲਹਿਰ ਨੂੰ ਮਹਾਤਮਾ ਗਾਂਧੀ ਵਰਗੇ ਹੋਰ ਉੱਘੇ ਆਜ਼ਾਦੀ ਘੁਲਾਟੀਆਂ ਨੇ ਵੀ ਅਪਣਾਇਆ ਸੀ।
ਸਪੀਕਰ ਸੰਧਵਾਂ ਨੇ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਦੀ ਅਗਵਾਈ ਹੇਠ ਕੂਕਾ ਸ਼ਹੀਦਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਲੋਕਾਂ ਨੂੰ ਸਮਾਜ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਪ੍ਰੇਰਣਾ ਦਿੰਦਿੀਆਂ ਰਹਿਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਨੂੰ ਸੱਚੀ ਸ਼ਰਧਾਂਜਲੀ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਣਾ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਤਬਦੀਲੀ ਲਿਆਉਣ ਲਈ ਉਨ੍ਹਾਂ ਦੀ ਮੂਲ ਵਿਚਾਰਧਾਰਾ ਨੂੰ ਅਪਣਾਉਣ।
ਉਨ੍ਹਾਂ ਕਿਹਾ ਕਿ ਨਾਮਦਾਰੀ ਸੰਪਰਦਾ ਨੇ ਹਮੇਸ਼ਾ ਹੀ ਖੇਤੀਬਾੜੀ ਅਤੇ ਖੇਡਾਂ ਨੂੰ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਨਾਮਧਾਰੀ ਭਾਈਚਾਰੇ ਨੂੰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੂਰਨ ਸਮਰਥਨ ਦੇਣ ਦਾ ਵੀ ਐਲਾਨ ਕੀਤਾ। ਇਸ ਮੌਕੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਰਜਿੰਦਰਪਾਲ ਕੌਰ ਛੀਨਾ, ਜੀਵਨ ਸਿੰਘ ਸੰਗੋਵਾਲ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਅਤੇ ਹੋਰ ਹਾਜ਼ਰ ਸਨ।