ਲੁਧਿਆਣਾ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜ਼ਿਲ੍ਹੇ ਦੇ ਸਮਰਾਲਾ ਹਲਕੇ ਵਿੱਚ ਪੈਂਦੇ 11.93 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਮਹੱਤਵਪੂਰਨ ਸੜਕੀ ਪ੍ਰੋਜੈਕਟਾਂ ਦੀ ਵਿਸ਼ੇਸ਼ ਮੁਰੰਮਤ ਅਤੇ ਪੁਨਰ ਨਿਰਮਾਣ ਲਈ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ 12.47 ਕਿਲੋਮੀਟਰ ਲੰਬੀ ਸਮਰਾਲਾ-ਝਾੜ ਸਾਹਿਬ ਸੜਕ ਦੇ ਪ੍ਰੋਜੈਕਟ ਤੇ 6.78 ਕਰੋੜ ਰੁਪਏ ਅਤੇ 9.35 ਕਿਲੋਮੀਟਰ ਲੰਬੇ ਗੁਰੂ ਗੋਬਿੰਦ ਸਿੰਘ ਮਾਰਗ, ਮਾਛੀਵਾੜਾ ਸਾਹਿਬ ਦੇ ਪ੍ਰੋਜੈਕਟ ਤੇ 6.78 ਕਰੋੜ ਰੁਪਏ ਦੀ ਲਾਗਤ ਆਵੇਗੀ।
ਉਨ੍ਹਾਂ ਕਿਹਾ ਕਿ ਇੰਨ੍ਹਾਂ ਪ੍ਰੋਜੈਕਟਾਂ ਦਾ ਕੰਮ ਛੇ ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਕੀਤਾ ਜਾਵੇਗਾ ਅਤੇ ਇੰਨ੍ਹਾਂ ਦੋਵਾਂ ਸੜਕਾਂ ਨੂੰ ਹੋਰ ਟਿਕਾਊ ਬਨਾਉਣ ਲਈ ਇੰਨ੍ਹਾਂ ਦੀ ਮੋਟਾਈ 18 ਇੰਚ ਹੋਵੇਗੀ। ਇਸ ਮੌਕੇ ਉਨ੍ਹਾਂ ਨਾਲ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੀ ਹਾਜਿਰ ਸਨ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ 12.47 ਕਿਲੋਮੀਟਰ ਲੰਮੀ ਸੜਕ ਲੁਧਿਆਣਾ-ਚੰਡੀਗੜ੍ਹ ਹਾਈਵੇਅ ਨੂੰ ਰੋਪੜ-ਚਮਕੌਰ ਸਾਹਿਬ-ਨੀਲੋਂ-ਦੋਰਾਹਾ ਰੋਡ ਨਾਲ ਜੋੜਦੀ ਹੈ।
ਉਨ੍ਹਾਂ ਕਿਹਾ ਕਿ ਇਸ ਸੜਕ ‘ਤੇ ਇਤਿਹਾਸਕ ਗੁਰਦੁਆਰਾ ਸ੍ਰੀ ਝਾੜ ਸਾਹਿਬ ਸਥਿਤ ਹੈ ਅਤੇ ਵੱਡੀ ਗਿਣਤੀ ‘ਚ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਇਸ ਸੜਕ ਦੀ ਵਰਤੋਂ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਸ਼ਰਧਾਲੂਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਮਰਾਲਾ ਹਲਕੇ ਵਿੱਚ 9.35 ਕਿਲੋਮੀਟਰ ਲੰਬਾ ਮਾਰਗ ਰੋਪੜ-ਚਮਕੌਰ ਸਾਹਿਬ-ਨੀਲੋਂ-ਦੋਰਾਹਾ ਰੋਡ ਨੂੰ ਮਾਛੀਵਾੜਾ ਸਾਹਿਬ-ਚੱਕ ਲੋਹਟ ਰੋਡ ਨਾਲ ਜੋੜਦਾ ਹੈ, ਜੋ ਕਿ ਗੁਰੂ ਗੋਬਿੰਦ ਸਿੰਘ ਮਾਰਗ ਦਾ ਵੀ ਇੱਕ ਹਿੱਸਾ ਹੈ।
ਲੋਕ ਨਿਰਮਾਣ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸੜਕ ‘ਤੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਸਥਿਤ ਹੈ, ਜਿਸ ਕਾਰਨ ਇਸ ਸੜਕ ‘ਤੇ ਸੰਗਤ ਦੀ ਆਮਦ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਹਾਲਤ ਵੀ ਕਾਫ਼ੀ ਖ਼ਰਾਬ ਹੈ, ਜਿਸ ਦੀ ਤੁਰੰਤ ਮੁਰੰਮਤ ਦੀ ਲੋੜ ਹੈ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਖਸਤਾ ਹਾਲਤ ਰਾਹਗੀਰਾਂ ਲਈ ਡਰਾਉਣਾ ਸੁਪਨਾ ਬਣ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਲੋਕਾਂ ਵੱਲੋਂ ਵਾਰ-ਵਾਰ ਉਠਾਈ ਗਈ ਮੰਗ ਵੱਲ ਧਿਆਨ ਦੇਣ ਵਿੱਚ ਅਸਫਲ ਰਹੀਆਂ।
ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਚਲਾਏ ਜਾ ਰਹੇ ਵਿਕਾਸ ਪ੍ਰੋਜੈਕਟਾਂ ਤੋਂ ਸਪੱਸ਼ਟ ਹੈ ਕਿ ਮੌਜੂਦਾ ਸਰਕਾਰ ਪੰਜਾਬ ਨੂੰ ਇੱਕ ਅਗਾਂਹਵਧੂ ਸੂਬਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੜਕੀ ਢਾਂਚੇ ਨੂੰ ਮਿਆਰੀ ਢੰਗ ਨਾਲ ਵਿਕਸਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪਿਛਲੇ ਡੇਢ ਸਾਲ ਵਿੱਚ ਸੂਬੇ ਨੂੰ ਵਿਕਾਸ ਦੀ ਲੀਹ ‘ਤੇ ਲਿਆਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਨਾਲ ਨਜਿੱਠਣ ਲਈ ਸਾਰੇ ਉਪਾਅ ਕੀਤੇ ਹਨ ਅਤੇ ਜਲਦੀ ਹੀ ਪ੍ਰਭਾਵਿਤ ਲੋਕਾਂ ਨੂੰ ਉਚਿਤ ਮੁਆਵਜ਼ਾ ਦਿੱਤਾ ਜਾ ਸਕੇ। ਇਸ ਤੋਂ ਪਹਿਲਾਂ ਹਰਭਜਨ ਸਿੰਘ ਈ.ਟੀ.ਓ ਨੇ ਸ੍ਰੀ ਮਾਛੀਵਾੜਾ ਸਾਹਿਬ ਅਤੇ ਸ੍ਰੀ ਝਾੜ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਮੱਥਾ ਟੇਕਿਆ।