ਲੁਧਿਆਣਾ : ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੋਲ ਮਾਰਕੀਟ ‘ਚ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਦੇ ਕੰਨਾਂ ‘ਚੋਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਸਵਿਤਾ ਸਹਿਗਲ ਵਾਸੀ ਅਰਬਨ ਅਸਟੇਟ ਫੋਕਲ ਪੁਆਇੰਟ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ।
ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਗੋਲ ਮਾਰਕੀਟ ਨੇੜੇ ਜਾ ਰਹੀ ਸੀ ਕਿ ਇਸ ਦੌਰਾਨ ਉਥੇ ਮੋਟਰਸਾਈਕਲ ‘ਤੇ ਦੋ ਨੌਜਵਾਨ ਆਏ ਤੇ ਉਸ ਦੇ ਕੰਨਾਂ ‘ਚ ਪਾਈਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ। ਸਵਿਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ‘ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ‘ਚ ਕੇਸ ਦਰਜ ਕਰ ਲਿਆ।