ਲੁਧਿਆਣਾ : ਪੀ.ਏ.ਯੂ. ਦੇ ਵੀਟ ਆਡੀਟੋਰੀਅਮ ਵਿੱਚ ਕਿਸਾਨ ਕਮੇਟੀ ਦੀ ਮੀਟਿੰਗ ਕਰਵਾਈ ਗਈ | ਇਸ ਮੀਟਿੰਗ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ | ਇਸ ਮੌਕੇ ਉਹਨਾਂ ਨਾਲ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ, ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਅਤੇ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜੀ ਪੀ ਐੱਸ ਸੋਢੀ ਮੰਚ ਤੇ ਮੌਜੂਦ ਰਹੇ |
ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੀ.ਏ.ਯੂ. ਵੱਲੋਂ ਖੇਤੀ ਵਿਭਿੰਨਤਾ ਲਈ ਨਿਰੰਤਰ ਖੋਜ ਕਾਰਜ ਜਾਰੀ ਹਨ | ਉਹਨਾਂ ਕਿਹਾ ਕਿ ਸੂਬੇ ਨੂੰ ਵਾਤਾਵਰਨ ਪੱਖੀ ਸਥਿਰ ਖੇਤੀਬਾੜੀ ਨਾਲ ਜੋੜ ਕੇ ਕਿਸਾਨੀ ਪਰਿਵਾਰਾਂ ਦੀ ਆਮਦਨ ਵਿੱਚ ਵਾਧਾ ਕਰਨਾ ਪੀ.ਏ.ਯੂ. ਦਾ ਉਦੇਸ਼ ਹੈ | ਇਸੇ ਕਾਰਜ ਲਈ ਕਿਸਾਨ ਕਮੇਟੀ ਅਤੇ ਸਬਜ਼ੀ ਅਤੇ ਫ਼ਲ ਉਤਪਾਦਕਾਂ ਦੀ ਇਹ ਮੀਟਿੰਗ ਵਿਚਾਰ-ਚਰਚਾ ਦੇ ਉਦੇਸ਼ ਨਾਲ ਕਰਵਾਈ ਜਾ ਰਹੀ ਹੈ |
ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਦੇ ਬਦਲਾਂ ਤੇ ਅਮਲ ਕਰਦਿਆਂ ਮੰਡੀਕਰਨ ਆਦਿ ਪਹਿਲੂਆਂ ਬਾਰੇ ਪਹਿਲਾਂ ਹੀ ਵਿਚਾਰ ਕਰਨ ਦੀ ਲੋੜ ਹੈ | ਇਸ ਸੰਬੰਧ ਵਿੱਚ ਪੀ.ਏ.ਯੂ. ਵੱਲੋਂ ਸਿਫ਼ਾਰਸ਼ ਕੀਤੀਆਂ ਜਾ ਰਹੀਆਂ ਫ਼ਲਾਂ ਅਤੇ ਸਬਜ਼ੀਆਂ ਦੀਆਂ ਨਵੀਆਂ ਕਿਸਮਾਂ ਦਾ ਜ਼ਿਕਰ ਕਰਦਿਆਂ ਡਾ. ਗੋਸਲ ਨੇ ਕਿਸਾਨਾਂ ਦੇ ਸੁਝਾਵਾਂ ਨੂੰ ਬੇਹੱਦ ਮਹੱਤਵਪੂਰਨ ਕਿਹਾ |
ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਪਿਛਲੀ ਮੀਟਿੰਗ ਦੀ ਕਾਰਵਾਈ ਰਿਪੋਰਟ ਪੇਸ਼ ਕੀਤੀ ਅਤੇ ਉਸ ਬਾਰੇ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਗਏ ਕਾਰਜਾਂ ਦਾ ਵੇਰਵਾ ਵੀ ਦਿੱਤਾ |ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਪੀ.ਏ.ਯੂ. ਵੱਲੋਂ ਫ਼ਲਾਂ ਅਤੇ ਸਬਜ਼ੀਆਂ ਦੇ ਸੰਬੰਧ ਵਿੱਚ ਸਿਫ਼ਾਰਸ਼ ਕੀਤੀਆਂ ਨਵੀਆਂ ਕਿਸਮਾਂ ਦੇ ਨਾਲ-ਨਾਲ ਉਤਪਾਦਨ ਤਕਨੀਕਾਂ, ਪੌਦ ਸੁਰੱਖਿਆ ਤਕਨੀਕਾਂ ਦਾ ਜ਼ਿਕਰ ਕੀਤਾ |
ਸਮਾਗਮ ਦਾ ਸੰਚਾਲਨ ਕਰਦਿਆਂ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਵੱਖ-ਵੱਖ ਖੇਤਰਾਂ ਵਿੱਚ ਪੀ.ਏ.ਯੂ. ਵੱਲੋਂ ਪ੍ਰਕਾਸ਼ਿਤ ਕੀਤੇ ਗਏ ਖੇਤੀ ਸਾਹਿਤ ਦਾ ਹਵਾਲਾ ਦਿੱਤਾ | ਮੀਟਿੰਗ ਦੌਰਾਨ ਮਾਹਿਰਾਂ ਅਤੇ ਕਿਸਾਨਾਂ ਨੇ ਫ਼ਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਦੀਆਂ ਸਮੱਸਿਆਵਾਂ ਵਿਚਾਰੀਆਂ | ਇਸ ਮੌਕੇ ਫ਼ਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਲਈ ਢੁੱਕਵੀਆਂ ਕਿਸਮਾਂ, ਉਤਪਾਦਨ ਤਕਨੀਕਾਂ, ਕੀੜੇ-ਬਿਮਾਰੀਆਂ, ਸੁਰੱਖਿਅਤ ਖੇਤੀ ਵਿਧੀ ਅਤੇ ਬਾਗਾਂ ਦੀ ਸੰਭਾਲ ਦੇ ਨਾਲ-ਨਾਲ ਫ਼ਲਾਂ ਅਤੇ ਸਬਜ਼ੀਆਂ ਦੇ ਮੰਡੀਕਰਨ ਅਤੇ ਪ੍ਰੋਸੈਸਿੰਗ ਦੇ ਮੁੱਦੇ ਵੀ ਵਿਚਾਰੇ ਗਏ |