ਲੁਧਿਆਣਾ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਮੱਧਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਆਲ ਇੰਡੀਆ ਕਾਂਗਰਸ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ।
ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿਚ ਟਿੱਕਾ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦਾ ਪਿਛਲੀਆਂ ਤਿੰਨ ਪੀੜ੍ਹੀਆਂ ਤੋਂ ਸਮਰਪਿਤ ਕਾਂਗਰਸੀ ਹੋਣ ਦਾ ਇਤਿਹਾਸ ਰਿਹਾ ਹੈ। ਉਨ੍ਹਾਂ ਦੇ ਦਾਦਾ ਜਸਟਿਸ ਹਰਨਾਮ ਸਿੰਘ ਬਿੰਦਰਾ, ਜੋ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਪਹਿਲੇ ਸਿੱਖ ਜੱਜ ਸਨ। ਉਨ੍ਹਾਂ ਦੇ ਪਿਤਾ ਜੋਧ ਸਿੰਘ ਬਿੰਦਰਾ, ਜਵਾਹਰ ਲਾਲ ਨਹਿਰੂ ਤੇ ਇੰਦਰਾ ਗਾਂਧੀ ਦੇ ਨਜ਼ਦੀਕੀ ਸਾਥੀ ਸਨ।
ਉਹ ਆਪ ਵੀ ਪਿਛਲੇ 37 ਸਾਲਾਂ ਤੋਂ ਇਸ ਪਾਰਟੀ ਦੇ ਵਫ਼ਾਦਾਰ ਮੈਂਬਰ ਹਨ ਤੇ ਵੱਖ-ਵੱਖ ਅਹੁਦਿਆਂ ’ਤੇ ਰਹਿ ਚੁੱਕੇ ਹਨ, ਉਨ੍ਹਾਂ ਤੋਂ ਬਾਅਦ ਉਨ੍ਹਾਂ ਦਾ ਭਤੀਜਾ ਵੀ ਕਾਂਗਰਸ ਪਾਰਟੀ ਦਾ ਮੈਂਬਰ ਹੈ। ਉਨ੍ਹਾਂ ਦੇ ਪਰਿਵਾਰ ਦੀਆਂ ਚਾਰ ਪੀੜ੍ਹੀਆਂ ਕਾਂਗਰਸ ਪਾਰਟੀ ਦੀ ਸੇਵਾ ਕਰਨ ਅਤੇ ਇਸ ਦੀ ਵਿਚਾਰਧਾਰਾ ਦੀ ਹਮਾਇਤ ਕਰਨ ਵਿਚ ਸਰਗਰਮ ਰਹੀਆਂ ਹਨ।