ਲੁਧਿਆਣਾ : ਪੰਜਾਬ ਸਰਕਾਰ ਦੇ ਟ੍ਰਾਂਸਪੋਰਟ ਵਿਭਾਗ ਅਧੀਨ ਚੱਲ ਰਹੇ ਪੰਜਾਬ ਰੋਡਵੇਜ਼/ਪਨਬਸ ਅਤੇ ਪੀ.ਆਰ.ਟੀ.ਸੀ. ਵਿਚ ਤਾਇਨਾਤ ਕੱਚੇ ਕਾਮਿਆਂ ਦੀ ਸੂਬਾ ਜਥੇਬੰਦੀ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕੀਤੀ ਹੋਈ ਹੈ, ਜਿਸ ਕਰਕੇ ਜਿਥੇ ਸਵਾਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਪੰਜਾਬ ਸਰਕਾਰ ਦੇ ਸਰਕਾਰੀ ਖਜ਼ਾਨੇ ਨੂੰ ਵੀ ਹਰ ਰੋਜ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ।
ਪੰਜਾਬ ਰੋਡਵੇਜ਼/ਪਨਬਸ ਅਤੇ ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮ ਜਥੇਬੰਦੀ ਵਲੋਂ ਦਿੱਤੇ ਸੱਦੇ ਨੂੰ ਮੁੱਖ ਰੱਖਦਿਆਂ ਸੂਬੇ ਦੇ ਹੋਰਨਾਂ ਜਜਿਲਿਆਂ ਦੀ ਤਰ੍ਹਾਂ ਲੁਧਿਆਣਾ ਸਥਿਤ ਬੱਸ ਸਟੈਂਡ ਵਿਚ ਵੀ ਟ੍ਰਾਂਸਪੋਰਟ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਜਥੇਬੰਦੀ ਦੇ ਸੂਬਾਈ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਮੰਗਾਂ ਦੇ ਨਿਪਟਾਰੇ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 14 ਦਸੰਬਰ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ, ਜਿਸ ਕਰਕੇ ਖਰੜ ਸਥਿਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ ਕੀਤਾ ਜਾਣ ਵਾਲਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਨਹੀਂ ਕੀਤਾ ਗਿਆ, ਪਰ ਹੜਤਾਲ ਜਿਓਾ ਦੀ ਤਿਓ ਰਹੀ।