ਲੁਧਿਆਣਾ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਵਪਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ ਜੋ ਕਿਸਾਨਾਂ ਨੂੰ ਯੂਰੀਆ ਦੀਆਂ ਬੋਰੀਆਂ ਨਾਲ ਵਾਧੂ ਵਸਤੂਆਂ ਖਰੀਦਣ ਲਈ ਮਜਬੂਰ ਕਰਦੇ ਪਾਏ ਜਾਣਗੇ। ਸਥਾਨਕ ਰਾਮਗੜ੍ਹੀਆ ਕਾਲਜ (ਲੜਕੀਆਂ) ਵਿਖੇ ਜ਼ੋਨਲ ਯੁਵਕ ਮੇਲੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਅਜਿਹੀ ਕੁਤਾਹੀ ਕਰਨ ਵਾਲੇ ਸੌਦਾਗਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।
ਬਾਅਦ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਵੱਡੇ ਸੁਪਨੇ ਲੈਣ ਲਈ ਪ੍ਰੇਰਿਆ ਅਤੇ ਆਪਣੇ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਨੂੰ ਵਿਸ਼ਵ ਦੀ ਮਹਾਂਸ਼ਕਤੀ ਬਣਾਉਣ ਲਈ ਨੌਜਵਾਨ ਆਬਾਦੀ ਦੇ ਮੋਢਿਆਂ ‘ਤੇ ਵੱਡੀ ਜ਼ਿੰਮੇਵਾਰੀ ਹੈ ਅਤੇ ਉਨ੍ਹਾਂ ਨੂੰ ਆਪਣੇ ਟੀਚਿਆਂ ‘ਤੇ ਕੇਂਦਰਿਤ ਰਹਿਣ ਲਈ ਕਿਹਾ।
ਸ. ਧਾਲੀਵਾਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਾਡੇ ਦੇਸ਼ ਦਾ ਭਵਿੱਖ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਅਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਣਾ ਚਾਹੀਦਾ ਹੈ, ਜਿਨ੍ਹਾਂ ਦੇਸ਼ ਦੀ ਸੇਵਾ ਕਰਦਿਆਂ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਵਿਸ਼ਵ ਵਿੱਚ ਸਭ ਤੋਂ ਵੱਧ ਨੌਜਵਾਨਾਂ ਦੀ ਆਬਾਦੀ ਵਾਲਾ ਦੇਸ਼ ਹੈ ਅਤੇ ਸਾਡੀ ਜਵਾਨੀ ਦੇਸ਼ ਦੇ ਹੋਰ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ।ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ।