ਲੁਧਿਆਣਾ : ਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸਰਕਾਰ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਾ. ਰਾਜ ਕੁਮਾਰ, ਸੰਯੁਕਤ ਡਾਇਰੈਕਟਰ, ਪੌਦਾ ਸੁਰੱਖਿਆ ਵੱਲੋਂ ਅੱਜ ਜਿਲ੍ਹਾ ਲੁਧਿਆਣਾ ਵਿੱਚ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋਂ ਖੇਤੀਬਾੜੀ ਅਧਿਕਾਰੀਆਂ ਨੂੰ ਨਾਲ ਲੈ ਕੇ ਪੈਸਟੀਸਾਈਡ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਸੈਂਪਲ ਭਰਵਾਏ ਗਏ।
ਇਸ ਟੀਮ ਵੱਲੋਂ ਲੁਧਿਆਣਾ ਜਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਡੀਲਰਾਂ ਦੀ ਵਿਆਪਕ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦੌਰਾਨ 20 ਕੀਟਨਾਸ਼ਕਾਂ ਦੇ ਅਤੇ 9 ਖਾਦਾਂ ਦੇ ਕੁਆਲਟੀ ਟੈਸਟ ਕਰਨ ਹਿਤ ਸੈਂਪਲ ਭਰੇ ਗਏ। ਇਸ ਅਚਨਚੇਤ ਚੈਕਿੰਗ ਦਾ ਮਕਸਦ ਕਿਸਾਨਾਂ ਨੂੰ ਮਿਆਰੀ ਕੀੜੇਮਾਰ ਦਵਾਈਆਂ ਮੁਹੱਈਆ ਕਰਵਾਉਣਾ ਹੈ।
ਡਾ. ਅਮਨਜੀਤ ਸਿੰਘ, ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਵੱਲੋਂ ਪ੍ਰੈੱਸ ਨੂੰ ਜਾਰੀ ਬਿਆਨ ਕਰਦਿਆਂ ਕਿਹਾ ਗਿਆ ਕਿ ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁਟਸ ਦੀ ਸਪਲਾਈ ਹਰ ਹਾਲਤ ਵਿੱਚ ਯਕੀਨੀ ਬਣਾਈ ਜਾਵੇਗੀ ਅਤੇ ਉਲੰਘਣਾ ਕਰਨ ਵਾਲੀਆਂ ਕੰਪਨੀਆਂ ਖਿਲਾਫ ਇੰਨਸੈਕਟੀਸਾਈਡ ਐਕਟ ਅਤੇ ਖਾਦ ਕੰਟਰੋਲ ਆਰਡਰ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।