ਲੁਧਿਆਣਾ : ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਇੰਦਰਜੀਤ ਸਿੰਘ ਦਾ ਕਹਿਣਾ ਹੈ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤਾ ਗਿਆ ਬਜਟ ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਨੂੰ ਸਿਖਰ ਅਤੇ ਨਵੇਂ ਆਯਾਮ ‘ਤੇ ਲੈ ਜਾਵੇਗਾ। ਡਾ ਸਿੰਘ ਦਾ ਕਹਿਣਾ ਹੈ ਕਿ ਬਜਟ ਬਹੁਤ ਹੀ ਸ਼ਲਾਘਾਯੋਗ ਹੈ।
ਬਜਟ ਵਿੱਚ ਕਿਸਾਨਾਂ ਦੀ ਆਮਦਨ ਅਤੇ ਰੋਜ਼ਗਾਰ ਦੇ ਮੌਕਿਆਂ ਨੂੰ ਵਧਾਉਣ, ਪਸ਼ੂ ਪਾਲਣ ਦੇ ਨਾਲ-ਨਾਲ ਜਨਤਕ ਸਿਹਤ ਦੇ ਖੇਤਰ ਵਿੱਚ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਨਵੀਆਂ ਤਕਨਾਲੋਜੀਆਂ ਵਿਕਸਤ ਕਰਨ ‘ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ ਹੈ।
ਇਸ ਵਾਰ ਪਸ਼ੂ ਪਾਲਣ ਦੇ ਬਜਟ ਵਿਚ 40 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਨਾਲ ਪਸ਼ੂ ਮਾਲਕਾਂ ਨੂੰ ਸਿੱਧਾ ਫਾਇਦਾ ਹੋਵੇਗਾ। ਇਸ ਨਾਲ ਅਜਿਹੀਆਂ ਤਕਨੀਕਾਂ ਅਤੇ ਯੋਜਨਾਵਾਂ ਨੂੰ ਹੁਲਾਰਾ ਮਿਲੇਗਾ, ਤਾਂ ਜੋ ਪਸ਼ੂ ਪਾਲਕਾਂ ਨੂੰ ਘਰ ਵਿੱਚ ਹੀ ਇਲਾਜ ਦੀਆਂ ਸਹੂਲਤਾਂ ਮਿਲਣਗੀਆਂ। ਇਸ ਤਹਿਤ ਮੋਬਾਇਲ ਵੈਟਰਨਰੀ ਐਂਬੂਲੈਂਸ ਸੇਵਾ ਨੂੰ ਉਤਸ਼ਾਹਿਤ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਆਧੁਨਿਕ ਡੇਅਰੀ ਫਾਰਮ ਤਿਆਰ ਕੀਤੇ ਜਾ ਸਕਦੇ ਹਨ। ਰਾਸ਼ਟਰੀ ਪ੍ਰੋਗਰਾਮ ਡੇਅਰੀ ਵਿਕਾਸ ਦੇ ਬਜਟ ਵਿਚ ਵੀ 20 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਹ ਦੁੱਧ ਦੇ ਉਤਪਾਦਨ ਨੂੰ ਵਧਾਉਣ ‘ਤੇ ਕੇਂਦ੍ਰਤ ਕਰੇਗਾ। ਅਜਿਹੀ ਤਕਨਾਲੋਜੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ, ਤਾਂ ਜੋ ਚੰਗੀ ਗੁਣਵੱਤਾ ਵਾਲੇ ਦੁੱਧ ਅਤੇ ਦੁੱਧ ਦੇ ਉਤਪਾਦ ਖਪਤਕਾਰਾਂ ਤੱਕ ਪਹੁੰਚ ਸਕਣ।