ਲੁਧਿਆਣਾ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਦੀ ਅਗਵਾਈ ਹੇਠ ਅੱਜ ਵੱਖ-ਵੱਖ ਗ੍ਰਾਮ ਪੰਚਾਇਤ ਵੱਲੋਂ ਗ੍ਰਾਮ ਸਭਾ ਦੇ ਇਜਲਾਸ ਸੁ਼ਰੂ ਕਰਵਾਏ ਗਏ ਹਨ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪੰਚਾਲ ਵੱਲੋਂ ਸਮੂਹ ਗ੍ਰਾਮ ਪੰਚਾਇਤਾਂ ਨੂੰ ਗ੍ਰਾਮ ਸਭਾਵਾਂ ਦੀ ਅਮੀਰ ਵਿਰਾਸਤ ਨੂੰ ਕਾਇਮ ਰੱਖਦਿਆਂ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਪ੍ਰਸ਼ਾਸ਼ਨ ਦੇ ਮੋਢੇ ਨਾਲ ਮੋਢਾ ਜੋੜਨ ਦਾ ਸੱਦਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਸਮਾਜਿਕ-ਆਰਥਿਕ ਤਬਦੀਲੀ ਲਿਆਉਣ ਲਈ ਗ੍ਰਾਮ ਸਭਾਵਾਂ ਦੀ ਪੁਨਰ ਸੁਰਜੀਤੀ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੀਆਂ ਵੱਖ-ਵੱਖ ਗ੍ਰਾਮ ਪੰਚਾਇਤਾਂ ਵੱਲੋਂ 15 ਤੋਂ 26 ਜੂਨ, 2022 ਦੌਰਾਨ ਗ੍ਰਾਮ ਸਭਾਵਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ।
ਸ੍ਰੀ ਪੰਚਾਲ ਨੇ ਕਿਹਾ ਕਿ ਪੰਚਾਇਤਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਮਿਸ਼ਨ ਨੂੰ ਨੇਪਰੇ ਨਹੀਂ ਚਾੜ੍ਹਿਆ ਜਾ ਸਕਦਾ ਕਿਉਂਕਿ ਪੰਜਾਬ ਦੀ 65 ਫੀਸਦ ਆਬਾਦੀ ਪਿੰਡਾਂ ਵਿੱਚ ਵਸਦੀ ਹੈ, ਜਿਸ ਕਰਕੇ ਪੇਂਡੂ ਪੰਜਾਬ ਦੇ ਵਿਕਾਸ ਤੋਂ ਬਿਨਾਂ ਸੂਬੇ ਦੇ ਸਰਵਪੱਖੀ ਵਿਕਾਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ.
ਉਨ੍ਹਾਂ ਇਹ ਵੀ ਕਿਹਾ ਕਿ ਗ੍ਰਾਮ ਸਭਾ ਜ਼ਿਲ੍ਹੇ ਦੇ ਵਸਨੀਕਾਂ ਦੀ ਤਕਦੀਰ ਨੂੰ ਬਦਲਣ ਦੀ ਸਮਰੱਥਾ ਰੱਖਦੀ ਹੈ, ਇਸ ਲਈ ਸਾਰੇ ਲੋਕਾਂ ਨੂੰ ਆਪਣੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਇਸ ਮੈਗਾ ਸਮਾਗਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।