ਲੁਧਿਆਣਾ : ਵਿਜੀਲੈਂਸ ਵਿਭਾਗ ਦੀ ਟੀਮ ਨੇ ਚੌਕੀ ਇੰਚਾਰਜ ਬਸੰਤ ਪਾਰਕ ਨੂੰ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ । ਚੌਕੀ ਇੰਚਾਰਜ ਐਫਆਈਆਰ ਦਰਜ ਕਰਨ ਦੀ ਏਵਜ ਵਿਚ ਰਿਸ਼ਵਤ ਮੰਗ ਰਿਹਾ ਸੀ ।ਇਸ ਮਾਮਲੇ ਵਿਚ ਲਿਪਤ ਇਕ ਹੈੱਡ ਕਾਂਸਟੇਬਲ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ।
ਵਿਜੀਲੈਂਸ ਦੇ ਅਧਿਕਾਰੀਆਂ ਨੇ ਮੁਲਜ਼ਮ ਪੁਲਿਸ ਮੁਲਾਜ਼ਮ ਦੇ ਕਬਜ਼ੇ ਵਿੱਚੋਂ 5,000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਏਐੱਸਆਈ ਅਸ਼ੋਕ ਕੁਮਾਰ ਵਜੋਂ ਹੋਈ ਹੈ, ਜੋ ਪੁਲਿਸ ਚੌਕੀ ਬਸੰਤ ਪਾਰਕ ਦੇ ਇੰਚਾਰਜ ਵਜੋਂ ਤਾਇਨਾਤ ਸੀ। ਫ਼ਰਾਰ ਹੋਇਆ ਹੈੱਡ ਕਾਂਸਟੇਬਲ ਰਾਜ ਗੋਪਾਲ ਹੈ।
ਵਿਜੀਲੈਂਸ ਬਿਊਰੋ ਵੱਲੋਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਐੱਫਆਈਆਰ ਪਿੰਡ ਲਾਪਰਾਂ ਦੇ ਹਰਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤੀ ਗਈ ਹੈ। ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕੁਝ ਵਿਅਕਤੀਆਂ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ ਸੀ ਅਤੇ ਉਸ ਨੇ ਮੁਲਜ਼ਮਾਂ ਖ਼ਿਲਾਫ਼ ਐੱਫਆਈਆਰ ਦਰਜ ਕਰਵਾਉਣ ਲਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਨੀ ਸੀ।