ਲੁਧਿਆਣਾ : ਪੁਲਿਸ ਕਮਿਸ਼ਨਰ ਲੁਧਿਆਣਾ ਡਾ. ਕੌਸਤੁਭ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਅਤੇ ਅਰਧ ਸੈਨਿਕ ਬਲਾਂ ਨਾਲ ਸਬੰਧਤ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਪੁਲਿਸ ਲਾਈਨਜ਼ ਵਿਖੇ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਸ੍ਰੀ ਸ਼ਰਮਾ ਵਲੋਂ ਲੋਕਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦਾ ਸਾਂਝੇ ਤੌਰ ‘ਤੇ ਟਾਕਰਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਸ਼ਾਂਤੀਪੂਰਨ ਮਾਹੌਲ ਅਤੇ ਭਾਈਚਾਰਕ ਸਾਂਝ ਵਿੱਚ ਰਹਿ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਲਈ ਅਸੀਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾ ਨਹੀਂ ਸਕਦੇ।
ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸ਼ਹੀਦੀ ਪ੍ਰਾਪਤ ਕਰਨ ਵਾਲੇ ਪੁਲਿਸ ਅਤੇ ਨੀਮ ਫੌਜੀ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਏ.ਸੀ.ਪੀ. ਰਮਨਦੀਪ ਸਿੰਘ ਭੁੱਲਰ ਦੀ ਅਗਵਾਈ ਹੇਠ ਪੁਲਿਸ ਦੀ ਟੁਕੜੀ ਨੇ ਸ਼ਹੀਦਾਂ ਨੂੰ ਸਲਾਮੀ ਦਿੱਤੀ ਅਤੇ ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਪਤਵੰਤਿਆਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
ਡਾ. ਕੌਸਤੁਭ ਸ਼ਰਮਾ ਨੇ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਪਰੇਡ ਦੀ ਇਤਿਹਾਸਕ ਮਹੱਤਤਾ ਦੱਸਦੇ ਹੋਏ ਕਿਹਾ ਕਿ 21 ਅਕਤੂਬਰ ਨੂੰ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੀ.ਆਰ.ਪੀ.ਐਫ. ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਾਰੇ ਰਾਜਾਂ ਦੀ ਪੁਲਿਸ ਅਤੇ ਦੇਸ਼ ਭਰ ਵਿੱਚ ਨੀਮ ਫੌਜੀ ਬਲਾਂ ਵੱਲੋਂ ਮਨਾਇਆ ਜਾਂਦਾ ਹੈ, ਜਿਨ੍ਹਾਂ 21 ਅਕਤੂਬਰ, 1959 ਨੂੰ ਲੱਦਾਖ ਦੇ ਹਾਟ ਸਪ੍ਰਿੰਗਜ਼ ਵਿਖੇ ਚੀਨੀ ਫੌਜ ਦੁਆਰਾ ਇੱਕ ਹਮਲੇ ਦੌਰਾਨ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹਾਦਤਾਂ ਦਿੱਤੀਆਂ।
ਉਨ੍ਹਾਂ ਪੰਜਾਬ ਪੁਲਿਸ ਵੱਲੋਂ ਪੰਜਾਬ ਵਿੱਚ ਖਾੜਕੂਵਾਦ ਦਾ ਮੁਕਾਬਲਾ ਕਰਨ ਦੇ ਨਾਲ-ਨਾਲ ਦੂਜੇ ਰਾਜਾਂ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਅੰਦਰੂਨੀ ਗੜਬੜੀਆਂ ਦਾ ਮੁਕਾਬਲਾ ਕਰਨ ਲਈ ਦਿੱਤੀਆਂ ਕੁਰਬਾਨੀਆਂ ਦੀ ਵੀ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਸੂਬੇ ਵਿੱਚ ਕੋਵਿਡ-19 ਦੌਰਾਨ ਮਹਾਂਮਾਰੀ ਨਾਲ ਨਜਿੱਠਣ ਵਿੱਚ ਪੰਜਾਬ ਪੁਲਿਸ ਬਲ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਲੁਧਿਆਣਾ ਪੁਲਿਸ ਦੇ ਕੁੱਲ 117 ਪੁਲਿਸ ਮੁਲਾਜ਼ਮਾਂ ਨੇ ਅੱਤਵਾਦ ਦਾ ਮੁਕਾਬਲਾ ਕਰਦੇ ਹੋਏ ਆਪਣੀਆਂ ਜਾਨਾਂ ਵਾਰ ਦਿੱਤੀਆਂ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ ਉਨ੍ਹਾਂ ਦੇ ਪਰਿਵਾਰਾਂ ਨਾਲ ਖੜੀ ਹੈ, ਜੋ ਕਿ ਲੁਧਿਆਣਾ ਵਿੱਚ ਰਹਿ ਰਹੇ ਹਨ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸਮੂਹ ਜੁਆਇੰਟ ਸੀ.ਪੀਜ਼, ਡੀ.ਸੀ.ਪੀਜ਼, ਏ.ਡੀ.ਸੀ.ਪੀਜ਼, ਏ.ਸੀ.ਪੀਜ਼, ਐਸ.ਐਚ.ਓਜ਼, ਪੁਲਿਸ ਮੁਲਾਜ਼ਮ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਸਥਾਨਕ ਪੁਲਿਸ ਲਾਈਨ ਵਿੱਚ ਬਣੀ ਯਾਦਗਾਰ ‘ਤੇ ਵੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।