ਲੁਧਿਆਣਾ : ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਲੁਧਿਆਣਾ ਵਿਖੇ ਘਟਨਾ ਸਥਲ ਦਾ ਦੌਰਾ ਕੀਤਾ ਅਤੇ ਇਸ ਦੇ ਨਾਲ ਹੀ ਉਹ ਡੀਐਮਸੀ ਅਤੇ ਸਿਵਲ ਹਸਪਤਾਲ ਦੇ ਵਿੱਚ ਜ਼ਖ਼ਮੀਆਂ ਦਾ ਹਾਲ ਚਾਲ ਪੁੱਛਣ ਲਈ ਪਹੁੰਚੇ।
ਇਸ ਦੌਰਾਨ ਬਲਵੀਰ ਰਾਣੀ ਸੋਢੀ ਇਸ ਨੇ ਇਸ ਘਟਨਾ ਵਿੱਚ ਜ਼ਖ਼ਮੀ ਹੋਏ ਲੁਧਿਆਣਾ ਦੇ ਵਕੀਲ ਜੋ ਕਿ ਡੀ ਐਮ ਸੀ ਹਸਪਤਾਲ ਲੁਧਿਆਣਾ ਦੇ ਵਿੱਚ ਦਾਖ਼ਲ ਸਨ ਨੂੰ ਮਿਲੇ ਅਤੇ ਉਨ੍ਹਾਂ ਨੂੰ ਹੌਸਲਾ ਦਿੱਤਾ ਅਤੇ ਕਿਹਾ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਸੀ । ਉਨ੍ਹਾਂ ਕਿਹਾ ਕਿ ਉਹ ਵਾਹਿਗੁਰੂ ਅੱਗੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕਰਦੇ ਹਨ ਕਿ ਉਹ ਜਲਦੀ ਤੰਦਰੁਸਤ ਹੋ ਕੇ ਆਪਣੇ ਘਰ ਪਰਤਣ।
ਬਲਵੀਰ ਰਾਣੀ ਸੋਢੀ ਸਿਵਲ ਹਸਪਤਾਲ ਵਿਖੇ ਰਾਏਕੋਟ ਦੀ ਉਸ ਲੜਕੀ ਨੂੰ ਮਿਲਣ ਲਈ ਵੀ ਪਹੁੰਚੇ ਜੋ ਇਸ ਹਾਦਸੇ ਵਿੱਚ ਜ਼ਖ਼ਮੀ ਹੋਈ ਸੀ। ਇਸ ਮੌਕੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੂਰੀ ਤੇਜ਼ੀ ਦੇ ਨਾਲ ਇਸ ਮਾਮਲੇ ਵਿਚ ਕੰਮ ਕੀਤਾ ਜਾ ਰਿਹਾ ਹੈ ਅਤੇ ਬਹੁਤ ਜਲਦ ਇਸ ਘਟਨਾ ਲਈ ਜ਼ਿੰਮੇਵਾਰ ਲੋਕ ਸਲਾਖਾਂ ਦੇ ਪਿੱਛੇ ਹੋਣਗੇ ।
ਮਹਿਲਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਹੀ ਆਪਣੇ ਲੋਕਾਂ ਦੇ ਲਈ ਅਮਨ ਅਮਾਨ ਦੀ ਸਥਿਤੀ ਨੂੰ ਬਹਾਲ ਰੱਖਣਾ ਚਾਹੁੰਦੀ ਹੈ ਅਤੇ ਹਮੇਸ਼ਾ ਇਸ ਦੇ ਲਈ ਕੰਮ ਕਰਦੀ ਰਹਿੰਦੀ ਹੈ ।